ਬਰਨਾਲਾ, 5 ਮਈ ( ਸੋਨੀ ਗੋਇਲ)
ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਸੰਸਥਾਵਾਂ ਵਿੱਚ ਪੌਦੇ ਲਗਾ ਕੇ ਅਤੇ ਜਾਗਰੂਕਤਾ ਗਤੀਵਿਧੀਆਂ ਕਰਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਨੇ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ 5 ਜੂਨ ਨੂੰ ਕੁਦਰਤ ਦੀ ਮਹੱਤਤਾ ਬਾਰੇ ਵਿਸ਼ਵ ਪੱਧਰ ‘ਤੇ ਮਨਾਇਆ ਜਾਂਦਾ ਹੈ । ਵਾਤਾਵਰਨ ਦੀ ਸਾਂਭ-ਸੰਭਾਲ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ। ਓਨ੍ਹਾਂ ਕਿਹਾ ਕਿ ਅੱਜ ਵਾਤਾਵਰਨ ਦਾ ਪ੍ਰਦੂਸ਼ਣ ਕਾਰਨ ਵਧਦਾ ਤਾਪਮਾਨ ਸਾਡੇ ਲਈ ਸਮੱਸਿਆ ਬਣ ਗਿਆ ਹੈ। ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਵਧ ਰਹੇ ਸ਼ਹਿਰੀਕਰਨ ਕਾਰਨ ਦਰੱਖਤਾਂ ਦੀ ਕਟਾਈ, ਫਾਲਤੂ ਕੂੜਾ ਕਰਕਟ, ਪਲਾਸਟਿਕ ਦੇ ਢੇਰ ਜੋ ਛੇਤੀ ਨਸ਼ਟ ਨਹੀਂ ਹੁੰਦੇ ਜਾਂ ਜਦੋਂ ਇਹ ਸਾੜੇ ਜਾਂਦੇ ਹਨ ਤਾਂ ਬਹੁਤ ਸਾਰੀਆਂ ਜ਼ਹਿਰੀਲੀਆਂ ਗੈਸਾਂ ਵਾਤਾਵਰਨ ਪ੍ਰਦੂਸ਼ਣ ਕਾਰਨ ਬਹੁਤ ਸਾਰੀਆਂ ਬੀਮਾਰੀਆਂ ਸਾਹ ਦੇ ਰੋਗ, ਕੰਨਾਂ , ਚਮੜੀ ਦੇ ਰੋਗ ਅਤੇ ਤਣਾਅ ਦਾ ਕਾਰਨ ਬਣਦੀਆਂ ਹਨ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਹਰਜੀਤ ਸਿੰਘ ਜ਼ਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਵਾਤਾਵਰਨ ਦੀ ਸੁਰੱਖਿਆ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ।ਪਲਾਸਟਿਕ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਮਸ਼ੀਨਰੀ ਦੀ ਥਾਂ ਪੈਦਲ ਤੇ ਹੱਥੀਂ ਕੰਮ ਕਰਨ ਨੂੰ ਤਰਜੀਹ ਦਿਓ ਅਤੇ ਏਅਰ ਕੰਡੀਸ਼ਨ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਓਨ੍ਹਾਂ ਸੱਦਾ ਦਿੱਤਾ ਕਿ ਆਓ ਆਪਾਂ ਸਾਰੇ ਮਿਲ ਕੇ ਕੁਦਰਤੀ ਸਰੋਤਾਂ ਦੀ ਸੰਭਾਲ ਕਰੀਏ ਤਾਂ ਜੋ ਬਿਮਾਰੀਆਂ ਤੋਂ ਬਚਾਅ ਕਰ ਸਕੀਏ ।
Posted By Gaganjot Goyal