ਬਰਨਾਲਾ, 21 ਅਪ੍ਰੈਲ ( ਮਨਿੰਦਰ ਸਿੰਘ )
ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਭ ਦਾ ਸਹਿਯੋਗ ਜ਼ਰੂਰੀ : ਸਿਵਲ ਸਰਜਨ
ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਆਦੀ ਹੋ ਚੁੱਕੇ ਵਿਆਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ ਤਾਂ ਜੋ ਨਸ਼ਿਆਂ ਦੇ ਆਦੀ ਹੋ ਚੁੱਕੇ ਵਿਅਕਤੀਆਂ ਨੂੰ ਨਸ਼ਿਆਂ ਦੀ ਦਲ ਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਗੁਰਮਿੰਦਰ ਕੌਰ ਔਜਲਾ ਵੱਲੋਂ ਕੀਤਾ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਦੀ ਸਲਾਹ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਨਸ਼ੇ ਨੂੰ ਰੋਜ਼ਾਨਾ ਗੋਲੀ ਖਾਣ ਨਾਲ ਜਾਂ ਦਾਖਲ ਹੋ ਕੇ ਛੱਡਿਆ ਜਾ ਸਕਦਾ ਹੈ।
ਇਸ ਮੌਕੇ ਰੋਲ ਮਾਡਲ ਗੁਰਪ੍ਰੀਤ ਸਿੰਘ ਵੱਲੋਂ ਨਸ਼ਿਆਂ ਦੇ ਸਾਡੇ ਸਰੀਰ ਅਤੇ ਸਮਾਜ ‘ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਸੇਵਨ ਨਾਲ ਬਹੁਤ ਸਾਰੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ ਅਤੇ ਵਿਆਕਤੀ ਬਿਮਾਰੀਆਂ ਕਾਰਨ ਸਰੀਰਕ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਹੋ ਜਾਂਦਾ ਹੈ ਅਤੇ ਜਿਆਦਾ ਨਸ਼ੇ ਦੀ ਵਰਤੋਂ ਕਰਨ ਵਾਲੇ ਵਿਆਕਤੀ ਘਰ ਅਤੇ ਸਮਾਜ ‘ਚ ਲੜਾਈ ਝਗੜਿਆਂ ਦੇ ਕਾਰਨ ਆਪਣਾ ਮਾਨ-ਸਨਮਾਨ ਖੋ ਬੈਠਦੇ ਹਨ।
ਸੁਖਵਿੰਦਰ ਸਿੰਘ ਕਾਊਂਸਲਰ ਨੇ ਦੱਸਿਆ ਕਿ ਨਸ਼ਿਆਂ ਦੇ ਆਦੀ ਹੋ ਚੁੱਕੇ ਵਿਆਕਤੀਆਂ ਦੀ ਸਮੇਂ-ਸਮੇਂ ‘ਤੇ ਕਾਊਂਸਲਿੰਗ ਕੀਤੀ ਜਾਂਦੀ ਹੈ ।
ਉਨ੍ਹਾਂ ਨੂੰ ਨਸ਼ਿਆਂ ਦੇ ਸਰੀਰ ‘ਤੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਸਮਾਜ ‘ਚ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਕਸਰਤ ਕਰਨ, ਯੋਗਾ ਕਰਨ ਅਤੇ ਚੰਗੀ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।