ਬਰਨਾਲਾ, 16 ਅਪ੍ਰੈਲ ( ਸੋਨੀ ਗੋਇਲ )
ਪੰਜਾਬ ਸਰਕਾਰ ਵਲੋਂ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ

ਪਿੰਡ ਭੱਠਲਾਂ ਦੇ ਸਕੂਲਾਂ ਵਿਚ 35 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, 11 ਲੱਖ ਨਾਲ ਸਕੂਲ ਨੂੰ ਮਿਲੀ ਨਵੀਂ ਸਾਇੰਸ ਲੈਬ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਸਕੂਲਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਬਰਨਾਲਾ ਵਿੱਚ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵੱਡੇ ਪੱਧਰ ‘ਤੇ ਵਿਕਾਸ ਕਾਰਜ ਜਾਰੀ ਹਨ।
ਇਹ ਗੱਲ ਸ. ਹਰਿੰਦਰ ਸਿੰਘ ਧਾਲੀਵਾਲ ਨੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤਰਫੋਂ ਭੱਠਲਾਂ ਸਕੂਲਾਂ ਵਿੱਚ 35 ਲੱਖ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕਹੀ। ਉਨ੍ਹਾਂ ਨੇ ਸਰਕਾਰੀ ਹਾਈ ਸਕੂਲ ਭੱਠਲਾਂ ਵਿਚ 28 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਉਨ੍ਹਾਂ ਕਿਹਾ ਕਿ 7.57 ਲੱਖ ਦੀ ਲਾਗਤ ਨਾਲ ਚਾਰਦੀਵਾਰੀ, 6.28 ਲੱਖ ਦੀ ਲਾਗਤ ਨਾਲ ਕਲਾਸ ਰੂਮਾਂ ਦੀ ਮੁਰੰਮਤ, 3.25 ਲੱਖ ਦੀ ਲਾਗਤ ਨਾਲ ਨਵੇਂ ਪਖਾਨੇ ਤੇ 11 ਲੱਖ ਦੀ ਲਾਗਤ ਨਾਲ ਨਵੀਂ ਸਾਇੰਸ ਲੈਬ ਬਣਾਈ ਗਈ ਹੈ। ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਭੱਠਲਾਂ ਵਿਚ 7 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਸਕੂਲ ਵਿਚ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਦੇਣ ਦੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਸਾਡੇ ਬੱਚਿਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸੈਸ਼ਨ ਦੀ ਸ਼ੁਰੂਆਤ ਵਿੱਚ ਕਿਤਾਬਾਂ ਅਤੇ ਵਰਦੀਆਂ ਸਮਾਂਬੱਧ ਤਰੀਕੇ ਨਾਲ ਦਿੱਤੀਆਂ ਜਾ ਰਹੀਆਂ ਹਨ।
ਉਨ੍ਹਾਂ ਨੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਮਿਹਨਤ ਨਾਲ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਉਨ੍ਹਾਂ ਦੇ ਨਾਲ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਧਨੌਲਾ ਗੁਰਜੋਤ ਸਿੰਘ ਢਿੱਲੋਂ, ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ ਫਤਹਿ, ਸਿੱਖਿਆ ਵਿਭਾਗ ਤੋਂ ਹਰਵਿੰਦਰ ਰੋਮੀ ਤੇ ਹੋਰ ਆਗੂ ਅਤੇ ਪਤਵੰਤੇ ਹਾਜ਼ਰ ਸਨ।
Posted By SonyGoyal