ਬਰਨਾਲਾ, 30 ਅਪ੍ਰੈਲ (ਮਨਿੰਦਰ ਸਿੰਘ/ਹਰਵਿੰਦਰ ਕਾਲਾ)
2 ਮਈ ਨੂੰ ਵਿਲੇਜ ਡਿਫੈਂਸ ਕਮੇਟੀਆਂ ਦੀ ਹੋਵੇਗੀ ਜ਼ਿਲ੍ਹਾ ਪੱਧਰੀ ਅਹਿਮ ਮੀਟਿੰਗ ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਭ ਨੂੰ ਮੁਹਿੰਮ ਵਿੱਚ ਸਹਿਯੋਗ ਦੇਣ ਸੱਦਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ”ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਢੀ ਗਈ ਹੈ ਜਿਸ ਨੂੰ ਅੰਜ਼ਾਮ ‘ਤੇ ਪਹੁੰਚਾਉਣ ਲਈ ਸਿਰਤੋੜ ਯਤਨ ਕੀਤੇ ਜਾਣਗੇ ਅਤੇ ਪਿੰਡ – ਪਿੰਡ, ਸ਼ਹਿਰ – ਸ਼ਹਿਰ ਪਹੁੰਚ ਕੀਤੀ ਜਾਵੇਗੀ। ਇਹ ਪ੍ਰਗਟਾਵਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਲਈ ਮਾਲਵਾ (ਵੈਸਟ) ਦੇ ਕੋਆਰਡੀਨੇਟਰ ਚੁਸ਼ਪਿੰਦਰ ਚਹਿਲ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਭਖਾਉਣ ਲਈ ਨਸ਼ਾ ਮੁਕਤੀ ਮੋਰਚਾ ਬਣਾਇਆ ਗਿਆ ਹੈ, ਜਿਸ ਵਲੋਂ ਹਰ ਪਿੰਡ, ਹਰ ਗਲੀ, ਹਰ ਮੁਹੱਲੇ ਤਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਲੋਕਾਂ ਤਕ ਪਹੁੰਚ ਕੀਤੀ ਜਾਵੇਗੀ, ਜਿਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੈ। ਹਰ ਸਕੂਲੀ ਬੱਚੇ, ਹਰ ਨੌਜਵਾਨ ਨੂੰ ਪ੍ਰੇਰਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ, ਖਾਸ ਕਰਕੇ ਨੌਜਵਾਨਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਹਰ ਪਿੰਡ – ਸ਼ਹਿਰ ਵਿੱਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਇਸ ਮਕਸਦ ਨਾਲ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ 2 ਮਈ ਨੂੰ ਜ਼ਿਲ੍ਹੇ ਦੀਆਂ ਵਿਲੇਜ ਡਿਫੈਂਸ ਕਮੇਟੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਇੱਕਲਿਆਂ ਜਿੱਤੀ ਨਹੀਂ ਜਾ ਸਕਦੀ, ਇਸ ਲਈ ਹਰ ਪੰਜਾਬ ਵਾਸੀ ਇਸ ਵਿਚ ਆਪਣਾ ਯੋਗਦਾਨ ਪਾਵੇ ਤਾਂ ਜੋ ਕਿ ਰਲ ਕੇ ਇਹ ਜੰਗ ਜਿੱਤੀ ਜਾ ਸਕੇ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਅਤੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਜਿੱਥੇ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ, ਓਥੇ ਨੁੱਕੜ ਨਾਟਕਾਂ ਰਾਹੀਂ ਘਰ ਘਰ ਤੱਕ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਜਾ ਰਿਹਾ ਹੈ ਕਿ ਆਓ ਬੱਚਿਆਂ ਨੂੰ ਨਸ਼ਿਆਂ ਤੋਂ ਬਚਾ ਕੇ ਆਉਣ ਵਾਲੀ ਪੀੜ੍ਹੀ ਨੂੰ ਬਚਾਈਏ। ਉਨ੍ਹਾਂ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਉਸ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਇਸ ਮੌਕੇ ਵਿਧਾਨ ਸਭਾ ਹਲਕਾ ਬਰਨਾਲਾ ਦੇ ਕੋਆਰਡੀਨੇਟਰ ਕੁਲਦੀਪ ਸਿੰਘ (ਫਰਵਾਹੀ), ਵਿਧਾਨ ਸਭਾ ਹਲਕਾ ਭਦੌੜ ਦੇ ਕੋਆਰਡੀਨੇਟਰ ਐਡਵੋਕੇਟ ਗੁਰਪ੍ਰੀਤ ਸਿੰਘ ਢਿੱਲਵਾਂ, ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਕੋਆਰਡੀਨੇਟਰ ਮਹਿਕਪ੍ਰੀਤ ਸਿੰਘ ਮੌਜੂਦ ਸਨ।
Posted By SonyGoyal