ਬਰਨਾਲਾ , 22 ਅਪ੍ਰੈਲ ( ਸੋਨੀ ਗੋਇਲ )
ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਭੂਰੇ ਵਿਚ 14 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ
ਜ਼ਿਲ੍ਹਾ ਬਰਨਾਲਾ ਦੇ ਪਿੰਡ ਭੂਰੇ ਦੇ ਸਰਕਾਰੀ ਸਕੂਲਾਂ ਵਿੱਚ ਸੰਪੂਰਨ ਹੋ ਚੁੱਕੇ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆਂ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਨਾਲ ਸਿੱਖਿਆ ਕ੍ਰਾਂਤੀ ਨਾਲ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿਚ ਸੁਧਾਰ ਦੇਖਣ ਨੂੰ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ।
ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ ਨੇ ਕਿਹਾ ਕਿ ਬਰਨਾਲਾ ਵਿੱਚ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰੋੜਾਂ ਦੇ ਵਿਕਾਸ ਕਾਰਜ ਜਾਰੀ ਹਨ, ਤਾਂ ਜੋ ਬਰਨਾਲਾ ਨੂੰ ਵਿਕਾਸ ਦੇ ਪੱਖ ਤੋਂ ਮੋਹਰੀ ਲਿਆਂਦਾ ਜਾ ਸਕੇ।

ਇਸ ਮੌਕੇ ਉਨ੍ਹਾਂ ਸੰਸਦ ਮੈਂਬਰ ਮੀਤ ਹੇਅਰ ਤਰਫੋਂ ਸਰਕਾਰੀ ਮਿਡਲ ਸਕੂਲ ਭੂਰੇ ਵਿਚ 3.5 ਲੱਖ ਰੁਪਏ ਦੀ ਲਾਗਤ ਦੇ ਵਿਕਾਸ ਕਾਰਜਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਭੂਰੇ ਵਿਚ 10.52 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਉਨ੍ਹਾਂ ਕਿਹਾ ਕਿ 3.5 ਲੱਖ ਦੀ ਲਾਗਤ ਨਾਲ ਮਿਡਲ ਸਕੂਲ ਦੀ ਚਾਰਦੀਵਾਰੀ ਅਤੇ ਮੁਰਮੰਤ ਦੇ ਕੰਮ ਕਰਾਏ ਗਏ ਹਨ ਅਤੇ ਪ੍ਰਾਇਮਰੀ ਸਕੂਲ ਵਿੱਚ 1.4 ਲੱਖ ਦੀ ਲਾਗਤ ਨਾਲ ਚਾਰਦੀਵਾਰੀ, 1.61 ਲੱਖ ਦੀ ਲਾਗਤ ਨਾਲ ਕਲਾਸ ਰੂਮ ਦੀ ਮੁਰੰਮਤ, 7.51 ਲੱਖ ਦੀ ਲਾਗਤ ਨਾਲ ਨਵੇਂ ਕਲਾਸ ਰੂਮ ਦੇ ਕੰਮ ਕਰਾਏ ਗਏ ਹਨ।
ਇਸ ਮੌਕੇ ਸ. ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਰੀਬ 20 ਹਜ਼ਾਰ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਰਜਾ ਨੇ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਸਕੂਲਾਂ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਚੰਗੀ ਸੇਧ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਪੜਾਈ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਬਣਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰੀ ਸਕੂਲਾਂ ਦੇ ਸੁਧਾਰ ਲਈ ਸਰਕਾਰ ਦੇ ਯਤਨ ਇਸੇ ਤਰ੍ਹਾਂ ਜਾਰੀ ਰਹਿਣਗੇ।
ਇਸ ਮੌਕੇ ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ, ਸਰਕਾਰੀ ਮਿਡਲ ਸਕੂਲ ਭੂਰੇ ਦੇ ਇੰਚਾਰਜ ਕਮਲ ਕੁਮਾਰ, ਸਰਕਾਰੀ ਪ੍ਰਾਇਮਰੀ ਸਕੂਲ ਭੂਰੇ ਦੇ ਇੰਚਾਰਜ ਪੁਸ਼ਵਿੰਦਰ ਸਿੰਘ, ਸਕੂਲ ਸਟਾਫ਼, ਵਿਦਿਆਰਥੀ ਤੇ ਮਾਪੇ ਮੌਜੂਦ ਸਨ।