ਬਰਨਾਲਾ 08 ਸਤੰਬਰ ( ਸੋਨੀ ਗੋਇਲ )
ਬਰਨਾਲਾ ’ਚ ਜ਼ਿਮਨੀ ਚੋਣ ਨੂੰ ਲੈਕੇ ਸਿਆਸੀ ਅਖ਼ਾੜਾ ਭਖਣਾ ਸ਼ੁਰੂ ਹੋ ਗਿਆ ਹੈ।
ਜਿਸ ਦੇ ਮੱਦੇਨਜ਼ਰ ਸਾਬਕਾ ਆਈ.ਪੀ.ਐੱਸ ਪੁਲਿਸ ਅਧਿਕਾਰੀ ਤੇ ਕਾਂਗਰਸੀ ਆਗੂ ਜਗਦੀਸ਼ ਮਿੱਤਲ ਨੇ ਸ਼ਹਿਰ ’ਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਤੇ ਲੋਕਾਂ ਨਾਲ ਰਾਬਤਾ ਕਰਨਾ ਸ਼ੁਰੂ ਕਰ ਦਿੱਤਾ ਹੈ।
ਇਸ ਮੌਕੇ ਜਗਦੀਸ਼ ਮਿੱਤਲ ਨੇ ਕਿਹਾ ਕਿ ਸੂਬੇ ਦਾ ਜਿੰਨ੍ਹਾਂ ਵਿਕਾਸ ਕਾਂਗਰਸ ਸਰਕਾਰ ਸਮੇਂ ਹੋਇਆ, ਉਹ ਹੋਰ ਕਿਸੇ ਸਰਕਾਰ ਦੇ ਕਾਰਜ਼ਕਾਲ ਦੌਰਾਨ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ, ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।
ਜਿਸ ਕਾਰਨ ਲੋਕ ‘ਆਪ’ ਸਰਕਾਰ ਤੋਂ ਅੱਕ ਚੁੱਕੇ ਹਨ। ਜਿਸ ਦਾ ਪ੍ਰਮਾਣ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਮੌਕੇ ਸਿਰਫ਼ 3 ਸੀਟਾਂ ਦੇ ਕੇ ਦੇ ਦਿੱਤਾ ਹੈ ਜਦਕਿ ਕਾਂਗਰਸ ਨੂੰ 13 ’ਚੋਂ 7 ਸੀਟਾਂ ਦਿੱਤੀਆਂ।
ਹੁਣ ਮੁੜ੍ਹ ਤੋਂ ਲੋਕ ਕਾਂਗਰਸ ਸਰਕਾਰ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਵੋਟਾਂ ਦੌਰਾਨ ਅਨੇਕਾਂ ਵਾਅਦੇ ਕੀਤੇ ਸੀ, ਜਦੋਂਕਿ ‘ਆਪ’ ਸਰਕਾਰ ਬਣਨ ਤੋਂ ਬਾਅਦ ਸੂਬੇ ਅੰਦਰ ਨਸ਼ਿਆਂ ਦੇ ਵਪਾਰ ’ਚ ਵੀ ਵਾਧਾ ਹੋਇਆ ਹੈ ਤੇ ਆਏ ਦਿਨ ਨੌਜਵਾਨਾਂ ਦੇ ਸਿਵੇ ਬਲ ਰਹੇ ਹਨ, ਲਾਅ ਐਂਡ ਆਰਡਰ ਨਾਂ ਦੀ ਕੋਈ ਚੀਜ਼ ਨਹੀਂ ਹੈ, ਸ਼ਰੇਆਮ ਲੋਕਾਂ ਦੇ ਕਤਲ ਕੀਤੇ ਜਾ ਰਹੇ ਹਨ, ਰੋਜ਼ਾਨਾ ਜਬਰਜ਼ਨਾਹ ਹੋ ਰਹੇ ਹਨ ਤੇ ਗੈਂਗਸਟਰ ਸ਼ਰੇਆਮ ਘੁੰਮ ਰਹੇ ਹਨ ਤੇ ਆਮ ਆਦਮੀ ਪਾਰਟੀ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ।
ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਕੀਤੇ ਵਾਅਦੇ ਸਬੰਧੀ ਮਿੱਤਲ ਨੇ ਕਿਹਾ ਕਿ ਸਰਕਾਰ ਨੇ ਆਮ ਲੋਕਾਂ ਦੀ ਜੇਬ ’ਤੇ ਡਾਕਾ ਮਾਰਿਆ ਹੈ।
ਇਸ ਦੇ ਨਾਲ ਹੀ ਸਰਕਾਰ ਨੇ 7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਵੀ ਵਾਪਸ ਲੈ ਲਈ ਹੈ ਤੇ ਇਹ ਸਰਕਾਰ ਜਲਦ ਹੀ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਵੀ ਖ਼ਤਮ ਕਰ ਦੇਵੇਗੀ, ਜਿਸ ਦੀ ਲੋਕਾਂ ’ਤੇ ਮਾਰ ਪਵੇਗੀ।
ਇਸ ਮੌਕੇ ਉਨ੍ਹਾਂ ਨਾਲ ਬਰਨਾਲਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੇ ਬਸਤੀਆਂ ਤੋਂ ਪ੍ਰਮੁੱਖ ਆਗੂ ਹਾਜ਼ਰ ਸਨ।
Posted by Sony Goyal