ਮਨਿੰਦਰ ਸਿੰਘ, ਬਰਨਾਲਾ : ਸੰਤ ਬਲਵੀਰ ਸਿੰਘ ਘੁੰਨਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਕਾਲੀ ਦਲ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਹੋਣਗੇ। ਇਹ ਐਲਾਨ ਬਰਨਾਲਾ ‘ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਚਾਰ ਵਾਰ ਰਹੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ। ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਸਾਲ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜੀ ਸੀ ਤੇ ਸੰਤ ਬਲਬੀਰ ਸਿੰਘ ਘੁੰਨਸ ਵੱਲੋਂ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਗਿਆ ਸੀ। ਇਸ ਵਾਰ ਬੀਬੀ ਜਗੀਰ ਕੌਰ ਨੇ ਸੰਤ ਬਲਵੀਰ ਸਿੰਘ ਘੁੰਨਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਵਾਅਦਾ ਕੀਤਾ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਅਕਾਲੀ ਨੇ ਵੀ ਉਮੀਦਵਾਰ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ। ਬਾਦਲ ਨੇ ਕਿਹਾ ਕਿ ਮੇਰੀ ਪਾਰਟੀ ਦੇ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਉਨ੍ਹਾਂ ਨਾਲ ਮੇਰੀਆਂ ਵਨ ਟੂ ਵਨ ਮੀਟਿੰਗਾਂ ‘ਚ ਉਨ੍ਹਾਂ ਦੇ ਕੰਮ ‘ਤੇ ਪੂਰਾ ਭਰੋਸਾ ਪ੍ਰਗਟਾਇਆ ਹੈ। ਇਸ ਲਈ ਉਹ ਮੌਜੂਦਾ ਚੋਣਾਂ ਲਈ ਸਾਡੀ ਪਸੰਦ ਬਣੇ ਰਹਿਣਗੇ।
ਉੱਥੇ ਹੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਰਤਾ ਪੁਰਖ ਅਤੇ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਮੈਨੂੰ ਇਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਪਦ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਉਮੀਦਵਾਰ ਵਜੋਂ ਚੁਣਿਆ ਗਿਆ ਹੈ। ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਦੇ ਅਹੁਦੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਸਾਥੀ ਮੈਂਬਰਾਂ ਦਾ ਹਾਰਦਿਕ ਤੌਰ ‘ਤੇ ਧੰਨਵਾਦ ਕਰਦਾ ਹਾਂ।ਗੁਰੂ ਸਾਹਿਬ ਅੰਗ ਸੰਗ ਸਹਾਈ ਹੋਣ।