ਮਨਿੰਦਰ ਸਿੰਘ ਬਰਨਾਲਾ

ਕਿਰਤ ਵਿਭਾਗ ਦੇ ਐਕਟ ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ ‘ਚ ਕੀਤੀ ਸੋਧ

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ‘ਚ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਅਤੇ ਇਸਦੇ ਮਾਣ ਸਤਿਕਾਰ ਵਿੱਚ ਇਜ਼ਾਫੇ ਲਈ ਭਾਸ਼ਾ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ।

ਵਿਭਾਗ ਦੇ ਡਾਇਰੈਕਟਰ ਸ਼੍ਰੀਮਤੀ ਹਰਪ੍ਰੀਤ ਕੌਰ ਵੱਲੋਂ ਸਮੂਹ ਜ਼ਿਲ੍ਹਾ ਭਾਸ਼ਾ ਅਫਸਰਾਂ ਨੂੰ ਪੱਤਰ ਜਾਰੀ ਕਰਦਿਆਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ‘ਚ ਨਾਮ ਬੋਰਡ ਲਿਖਣ ਦੀਆਂ ਸਰਕਾਰ ਦੀਆਂ ਹਦਾਇਤਾਂ ਅਤੇ ਇਹਨਾਂ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਕੀਤੀ ਜੁਰਮਾਨੇ ਦੀ ਵਿਵਸਥਾ ਤੋਂ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ।

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ, ਅਰਧ ਸਰਕਾਰੀ, ਨਿੱਜੀ ਦਫਤਰਾਂ/ਅਦਾਰਿਆਂ, ਨਿੱਜੀ ਦੁਕਾਨਾਂ ਅਤੇ ਸੜਕਾਂ ਦੇ ਨਾਮ/ਦਿਸ਼ਾ ਸੂਚਕ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਲਿਖੇ ਜਾਣ ਦੀਆਂ ਜਾਰੀ ਹਦਾਇਤਾਂ ਨੂੰ ਜ਼ਿਲ੍ਹੇ ‘ਚ ਲਾਗੂ ਕਰਵਾਇਆ ਜਾ ਰਿਹਾ ਹੈ ।

ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਨੇ ਦੱਸਿਆ ਕਿ ਪੰਜਾਬੀ ਭਾਸ਼ਾ ‘ਚ ਨਾਮ ਬੋਰਡ ਲਿਖੇ ਜਾਣ ਦੀਆਂ ਸਰਕਾਰੀ ਹਦਾਇਤਾਂ ਬਾਰੇ ਸਮੂਹ ਅਦਾਰਾ ਮਾਲਕਾਂ ਅਤੇ ਦੁਕਾਨਦਾਰਾਂ ਨੂੰ ਜਾਣਕਾਰੀ ਦੇਣ ਲਈ ਸਮੇਂ ਸਮੇਂ ‘ਤੇ ਪ੍ਰੇਰਨਾ ਅਤੇ ਜਾਗਰੂਕਤਾ ਮੁਹਿੰੰਮਾਂ ਚਾਲੀ ਜਾ ਰਹੀਆਂ ਹਨ ।

ਇਸ ਦੇ ਨਾਲ ਨਾਲ ਮੀਡੀਆ ਰਾਹੀਂ ਜਾਣਕਾਰੀ ਦੇਣ ਦੇ ਵੀ ਲਗਾਤਾਰ ਉਪਰਾਲੇ ਕੀਤੇ ਗਏ ਹਨ ਅਤੇ ਇਹ ਉਪਰਾਲੇ ਲਗਾਤਾਰ ਜਾਰੀ ਹਨ।

ਭਾਸ਼ਾ ਅਧਿਕਾਰੀ ਨੇ ਕਿਹਾ ਕਿ ਨਾਮ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦੀਆਂ ਹਦਾਇਤਾਂ ਨੂੰ ਪ੍ਰਭਾਵੀ ਰੂਪ ਨਾਲ ਲਾਗੂ ਕਰਵਾਉਣ ਲਈ ਸਰਕਾਰ ਵੱਲੋਂ ਕਿਰਤ ਵਿਭਾਗ ਦੇ ਐਕਟ “ਪੰਜਾਬ ਰਾਜ ਦੁਕਾਨਾਂ ਅਤੇ ਵਪਾਰਕ ਸਥਾਪਨਾ(ਪਹਿਲੀ ਤਰਮੀਮ) ਨਿਯਮ -2023” ਰਾਹੀਂ ਨਾਮ ਬੋਰਡ ਪੰਜਾਬੀ ਭਾਸ਼ਾ ਵਿੱਚ ਨਾ ਲਿਖਣ ਵਾਲੇ ਅਦਾਰਿਆਂ ਨੂੰ ਜੁਰਮਾਨਾ ਲਗਾਉਣ ਦੀ ਵਿਵਸਥਾ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਸ ਵਿਵਸਥਾ ਅਨੁਸਾਰ ਪਹਿਲੀ ਵਾਰ ਉਲੰਘਣਾ ਕਰਨ ‘ਤੇ ੧੦੦੦ ਰੁਪਏ ਅਤੇ ਦੂਜੀ ਵਾਰ ਉਲੰਘਣਾ ਕਰਨ ‘ਤੇ 2000 ਰੁਪਏ ਜੁਰਮਾਨਾ ਕੀਤਾ ਜਾਵੇਗਾ।

ਭਾਸ਼ਾ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਨੂੰ ਪੱਤਰ ਲਿਖ ਕੇ ਨਾਮ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਅਤੇ ਉਲੰਘਣਾ ਕਰਨ ਵਾਲਿਆਂ ਲਈ ਕੀਤੀ ਜੁਰਮਾਨੇ ਦੀ ਵਿਵਸਥਾ ਤੋਂ ਜਾਣੂ ਕਰਵਾਇਆ ਜਾ ਚੁੱਕਿਆ ਹੈ।

ਉਹਨਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਨਾਲ ਨਾਲ ਸਮੂਹ ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰਾਂ, ਮਾਰਕੀਟ ਕਮੇਟੀਆਂ ਦੇ ਸਕੱਤਰਾਂ ਅਤੇ ਦੁਕਾਨਦਾਰਾਂ ਨਾਲ ਸਿੱਧਾ ਰਾਬਤਾ ਰੱਖਣ ਵਾਲੇ ਹੋਰ ਅਧਿਕਾਰੀਆਂ ਨੂੰ ਸਰਕਾਰ ਦੀਆਂ ਇਹਨਾਂ ਹਦਾਇਤਾਂ ਨੂੰ ਪ੍ਰਭਾਵੀ ਰੂਪ ਨਾਲ ਅਮਲ ਵਿੱਚ ਲਿਆਉਣ ਲਈ ਲਿਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਦਾਰਾ ਮਾਲਕ ਜਾਂ ਦੁਕਾਨਦਾਰ ਆਪਣੇ ਅਦਾਰੇ/ਦੁਕਾਨ ਦਾ ਨਾਮ ਬੋਰਡ ਪੰਜਾਬੀ ਭਾਸ਼ਾ ਤੋਂ ਇਲਾਵਾ ਕਿਸੇ ਹੋਰ ਭਾਸ਼ਾ ਵਿੱਚ ਲਿਖਣਾ ਚਾਹੁੰਦਾ ਹੈ ਤਾਂ ਪੰਜਾਬੀ ਭਾਸ਼ਾ ਤੋਂ ਹੇਠਾਂ ਕਰਕੇ ਲਿਖ ਸਕਦਾ ਹੈ।

ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੰਜਾਬੀ ਭਾਸ਼ਾ ਦੇ ਮਾਣ ਸਤਿਕਾਰ ਵਿਚ ਵਾਧੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ‘ਚ ਆਪੋ ਆਪਣਾ ਯੋਗਦਾਨ ਪਾਉਣ ਦੀ ਵੀ ਅਪੀਲ ਕੀਤੀ ਹੈ।

Posted By SonyGoyal

Leave a Reply

Your email address will not be published. Required fields are marked *