ਕੁੱਲਰੀਆਂ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਦੀ ਰਾਖ਼ੀ ਲਈ ਬੁਢਲਾਡਾ ਵਿਖੇ ਪੱਕਾ ਮੋਰਚਾ ਤੀਹਵੇਂ ਦਿਨ ਵਿੱਚ ਦਾਖ਼ਲ
ਸੋਨੀ ਗੋਇਲ, ਬਰਨਾਲਾ
04 ਫਰਵਰੀ – ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਅਬਾਦਕਾਰ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ, ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਦੋ ਘੰਟੇ ਦੇ ਧਰਨੇ ਲਾ ਕੇ ਮੰਗ ਪੱਤਰ ਦਿੱਤੇ ਜਾਣਗੇ। ਇਸ ਦੌਰਾਨ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ ਚੱਲ ਰਿਹਾ ਪੱਕਾ ਮੋਰਚਾ ਤੀਹਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਇਸ ਮੌਕੇ ਤੇ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਉਹਨਾਂ ਦੀ ਜਥੇਬੰਦੀ ਸੱਤ ਮਹੀਨੇ ਤੋਂ ਸ਼ਾਂਤਮਈ ਅੰਦੋਲਨ ਚਲਾ ਰਹੀ ਹੈ ਪਰ ਆਪਣੇ ਆਪ ਨੂੰ ਇਨਕਲਾਬੀ ਕਹਾਉਣ ਵਾਲੀ ਸਰਕਾਰ ਨੇ ਕਿਸਾਨਾਂ ਨੂੰ ਇਨਸਾਫ਼ ਤਾਂ ਕੀ ਦੇਣਾ ਸੀ, ਗੱਲ ਸੁਣਨ ਤੋਂ ਵੀ ਇਨਕਾਰੀ ਹੈ।
ਉਹਨਾਂ ਨੇ ਦੱਸਿਆ ਕਿ ਵੱਖ ਵੱਖ ਸਮਿਆਂ ਤੇ ਜਥੇਬੰਦੀ ਨਾਲ ਹੋਈ ਗੱਲਬਾਤ ਦੌਰਾਨ ਮਾਨਸਾ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਕਿਸਾਨਾਂ ਦੇ ਪੱਖ ਨੂੰ ਠੀਕ ਮੰਨ ਚੁੱਕੇ ਹਨ ਅਤੇ ਇਨਸਾਫ਼ ਦੇਣ ਦੇ ਵਾਅਦੇ ਵੀ ਕਰ ਚੁੱਕੇ ਹਨ। ਇੱਥੋਂ ਤੱਕ ਕਿ ਮਾਨਸਾ ਦੇ ਐਸ ਐਸ ਪੀ ਨੇ ਕਿਸਾਨਾਂ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ਼ 19 ਦਸੰਬਰ ਤੋਂ ਪਹਿਲਾਂ ਪਹਿਲਾਂ ਕਾਰਵਾਈ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ। ਸੋ ਹੁਣ ਗੂੰਗੀ ਅਤੇ ਬਹਿਰੀ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਲਈ ਸੰਘਰਸ਼ ਦੇ ਅਗਲੇ ਪੜਾਅ ਵਜੋਂ ਜਥੇਬੰਦੀ ਦੀਆਂ ਸਮੁੱਚੀਆਂ ਜ਼ਿਲ੍ਹਾ ਕਮੇਟੀਆਂ ਆਪੋ ਆਪਣੇ ਜ਼ਿਲ੍ਹਿਆਂ ਵਿੱਚ ਪੈਂਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ 12 ਫਰਵਰੀ ਨੂੰ ਦੋ ਘੰਟੇ ਲਈ ਧਰਨੇ ਲਾ ਕੇ ਮੰਗ ਪੱਤਰ ਦੇਣਗੀਆਂ। ਜੇਕਰ ਫਿਰ ਵੀ ਸਰਕਾਰ ਨੇ ਸੁਣਵਾਈ ਨਾ ਕੀਤੀ ਤਾਂ ਜਥੇਬੰਦੀ ਘੋਲ ਨੂੰ ਹੋਰ ਤੇਜ਼ ਕਰੇਗੀ। ਇਸ ਸਬੰਧੀ ਹਰ ਤਰ੍ਹਾਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਰਾਮਪੁਰਾ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਲੋਕਾਂ ਨਾਲ ਧੱਕੇਸ਼ਾਹੀ ਕਰਨ ਅਤੇ ਗੁੰਡਿਆਂ ਦੀ ਪੁਸ਼ਤ ਪਨਾਹੀ ਕਰਨ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੀਆਂ ਸਰਕਾਰਾਂ ਨੂੰ ਵੀ ਮਾਤ ਪਾ ਦਿੱਤਾ ਹੈ। ਕਿਸਾਨਾਂ ‘ਤੇ ਦੋ ਵਾਰ ਕਾਤਲਾਨਾ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਵਾਉਣ ਲਈ ਡੀਐਸਪੀ ਬੁਢਲਾਡਾ ਦੇ ਦਫ਼ਤਰ ਅੱਗੇ 30 ਦਿਨਾਂ ਤੋਂ ਚੱਲ ਰਹੇ ਮੋਰਚੇ ਦੇ ਬਾਵਜੂਦ ਅੱਜ ਤੱਕ ਵੀ ਕਿਸੇ ਦੋਸ਼ੀ ਨੂੰ ਗਿਰਫ਼ਤਾਰ ਨਹੀਂ ਕੀਤਾ। ਸਰਕਾਰ/ਪ੍ਰਸ਼ਾਸਨ ਦੀ ਬੇਸ਼ਰਮੀ ਭਰੀ ਚੁੱਪ ਨੇ ਜਥੇਬੰਦੀ ਨੂੰ ਸਖ਼ਤ ਐਕਸ਼ਨ ਕਰਨ ਲਈ ਮਜ਼ਬੂਰ ਕੀਤਾ ਹੈ। ਇਸ ਲਈ 12 ਫਰਵਰੀ ਨੂੰ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਗੱਜ ਵੱਜ ਕੇ ਧਰਨੇ ਦਿੱਤੇ ਜਾਣਗੇ ਅਤੇ ਪੱਕਾ ਮੋਰਚਾ ਹੋਰ ਵੱਧ ਉਤਸ਼ਾਹ ਨਾਲ ਜਾਰੀ ਰਹੇਗਾ। ਇਸ ਤੋਂ ਇਲਾਵਾ ਮਜ਼ਦੂਰ-ਮੁਲਾਜ਼ਮ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸਾਂਝੇ ਸੱਦੇ ਤੇ 16 ਫਰਵਰੀ ਦੇ ਭਾਰਤ ਬੰਦ ਸੱਦੇ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਤਿਆਰੀਆਂ ਜਾਰੀ ਹਨ।
ਜਾਰੀ ਕਰਤਾ : ਅੰਗਰੇਜ਼ ਸਿੰਘ ਮੁਹਾਲੀ, ਸੂਬਾ ਪ੍ਰੈੱਸ ਸਕੱਤਰ। ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ।