ਅੰਮ੍ਰਿਤਸਰ (ਮਨਿੰਦਰ ਸਿੰਘ)
ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਲਏ ਗਏ ਅਹਿਮ ਫੈਸਲਿਆਂ ‘ਚ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ ਤੇ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਅਤੇ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਨੂੰ ਵੀ ਤਲਬ ਕੀਤਾ ਗਿਆ ਹੈ।
ਇਸ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਜਾਂ ਪਿਆਰਿਆਂ ਨੇ ਇਕੱਤਰਤਾ ਕੀਤੀ।
ਇਸ ਇਕੱਤਰਤਾ ‘ਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਦਲੀਪ ਸਿੰਘ, ਭਾਈ ਗੁਰਦਿਆਲ ਸਿੰਘ, ਭਾਈ ਪਰਸੂਰਾਮ ਸਿੰਘ ਤੇ ਭਾਈ ਅਮਰਜੀਤ ਸਿੰਘ ਸ਼ਾਮਲ ਹੋਏ।
ਇਹਨਾਂ ਵੱਲੋਂ ਹੁਕਮਨਾਮਾ ਜਾਰੀ ਕੀਤਾ ਗਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਅਤੇ ਆਪੋਥਾਪੇ ਜਥੇਦਾਰ ਜਿਨ੍ਹਾਂ ਨੂੰ ਪੰਥ ਵੱਲੋਂ ਅਸਵੀਕਾਰ ਕਰਦੇ ਹੋਏ ਨਕਾਰ ਦਿੱਤਾ ਗਿਆ ਹੈ, ਉਨ੍ਹਾਂ ਵੱਲੋਂ ਰਾਜਨੀਤੀ ਤੋਂ ਪ੍ਰੇਰਿਤ ਹੋ ਕੇ ਅੱਜ ਹੁਕਮਨਾਮਾ ਜਾਰੀ ਕੀਤਾ ਗਿਆ।
ਇਸ ਹੁਕਮਾਨੇ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਹੁਕਮਨਾਮਾ ਅਤੇ ਆਦੇਸ਼ ਦੀ ਉਲੰਘਨਾ ਕਰਨ ਦਾ ਦੋਸ਼ੀ ਮਨਦੇ ਹੋਏ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸੰਵਿਧਾਨ ਅਤੇ ਉਪਨਿਯਮ ਨੂੰ ਚੁਣੌਤੀ ਦਿੰਦੇ ਹੋਏ ਇਥੇ ਦੇ ਪ੍ਰਬੰਧਕ ਕਮੇਟੀ ਦੇ ਅਧੀਕਾਰ ਅਤੇ ਸ਼ਕਤੀ ‘ਚ ਦਖ਼ਲਅੰਦਾਜ਼ੀ ਕਰ ਕੇ ਉਸ ਦੇ ਨਿਰਣੈ ਖਿਲਾਫ ਹੁਕਮਨਾਮਾ ਜਾਰੀ ਕਰਨ ਦਾ ਦੋਸ਼ੀ ਮਨਦੇ ਹੋਏ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗਿਆਨੀ ਟੇਕ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮਾਣ-ਸਨਮਾਨ, ਮਰਿਆਦਾ, ਪਰੰਪਰਾ, ਸੰਪ੍ਰਭੂਤਾ ਆਦਿ ਨੂੰ ਠੇਸ ਪਹੁੰਚਾਉਣ ਦਾ ਗੰਭੀਰ ਦੋਸ਼ੀ ਮਨਦੇ ਹੋਏ ਤਨਖ਼ਾਹੀਆ ਕਰਾਰ ਦਿੱਤਾ ਜਾਂਦਾ ਹੈ।
ਇਸ ਘਟਨਾਕ੍ਰਮ ‘ਚ ਸੁਖਬੀਰ ਸਿੰਘ ਬਾਦਲ ਦੇ ਦਖ਼ਲਅੰਦਾਜ਼ੀ ਤੇ ਸਾਜ਼ਿਸ਼ਕਰਤਾ ਦੇ ਰੂਪ ‘ਚ ਸ਼ਾਮਲ ਹੋਣ ਦੀ ਜਾਣਕਾਰੀ ਵੀ ਪੁੱਜ ਰਹੀ ਹੈ, ਇਸ ਲਈ ਸੁਖਬੀਰ ਸਿੰਘ ਬਾਦਲ ਨੂੰ 10 ਦਿਨ ਦੇ ਅੰਦਰ-ਅੰਦਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਸਾਹਮਣੇ ਨਿੱਜੀ ਰੂਪ ‘ਚ ਪੇਸ਼ ਹੋ ਕੇ ਆਪਣਾ ਪੱਖ ਰਖਣ ਲਈ ਆਦੇਸ਼ ਦਿੱਤਾ ਜਾਂਦਾ ਹੈ।
ਇਸ ਆਦੇਸ਼ ਦੀ ਉਲੰਘਣਾ ਹੋਣ ‘ਤੇ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨਾਲ ਹੀਂ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਸਾਰੇ ਅਹੁਦੇਦਾਰ ਤੇ ਮੈਂਬਰ ਸਾਹਿਬਾਨ ਨੂੰ ਸਖ਼ਤ ਆਦੇਸ਼ ਦਿੱਤਾ ਜਾਂਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਥਿਤ ਅਤੇ ਆਪੋ-ਥਾਪੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਗਿਆਨੀ ਟੇਕ ਸਿੰਘ ਵੱਲੋਂ ਅੱਜ ਜਾਰੀ ਕੀਤੇ ਗਏ ਮਤੇ ਜਿਸ ਰਾਹੀਂ ਪ੍ਰਬੰਧਕੀ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ, ਹੁਕਮ ਨੂੰ ਮੰਨਣ ਤੋਂ ਸਖ਼ਤ ਮਨ੍ਹਾ ਕੀਤਾ ਜਾਂਦਾ ਹੈ ਤੇ ਰੋਕ ਲਾਈ ਜਾਂਦੀ ਹੈ।
ਜੇਕਰ ਕੋਈ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਤਿਕਾਰਯੋਗ ਪੰਜ ਪਿਆਰੇ ਵੱਲੋਂ ਜਾਰੀ ਹੁਕਮਨਾਮੇ ਦਾ ਵਿਰੋਧ ਕਰਦਾ ਹੈ ਜਾਂ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਸ ਉੱਤੇ ਵੀ ਪੰਥਕ ਰਵਾਇਤ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਾਲ ਸਬੰਧਤ ਜਾਰੀ ਕੀਤੇ ਗਏ ਹੁਕਮਨਾਮੇ ਜਾਂ ਆਦੇਸ਼ ਨੂੰ ਰੱਦ ਕੀਤਾ ਜਾਂਦਾ ਹੈ ਅਤੇ ਗਿਆਨੀ ਰਣਜੀਤ ਸਿੰਘ ਗੌਹਰ ‘ਤੇ ਲੱਗੇ ਤਨਖ਼ਾਹੀਆ ਅਤੇ ਪੰਥ ਤੋਂ ਛੇਕੇ ਹੋਣ ਦਾ ਆਦੇਸ਼ ਪੂਰੀ ਤਰ੍ਹਾਂ ਲਾਗੂ ਰਹੇਗਾ।
ਇਹ ਵੀ ਆਦੇਸ਼ ਦਿੱਤਾ ਜਾਂਦਾ ਹੈ ਕਿ ਅੱਜ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਬਾਹਰੀ ਕਿਸੇ ਵੀ ਤਖ਼ਤ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਦਾ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਆਦੇਸ਼ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਾ ਲਾਗੂ ਕੀਤਾ ਜਾਵੇਗਾ ਅਤੇ ਨਾ ਹੀਂ ਮੰਨਿਆ ਜਾਵੇਗਾ, ਇਸ ਆਦੇਸ਼ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ।
Posted By SonyGoyal