ਯੂਨੀਵੀਜ਼ਨ ਨਿਊਜ਼ ਬਿਊਰੋ ਚੰਡੀਗੜ
ਆ ਰਿਹਾ ਨਵਾਂ ਬਦਲਾਓ
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੈਟਰੋਲ ਦੀ ਕੀਮਤ ਵਿੱਚ 61 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 92 ਪੈਸੇ ਦਾ ਵਾਧਾ ਕੀਤਾ ਗਿਆ ਹੈ। ਸਰਕਾਰ ਨੂੰ ਪੈਟਰੋਲ ‘ਤੇ ਵਾਧੇ ਤੋਂ 395 ਕਰੋੜ ਰੁਪਏ ਅਤੇ ਡੀਜ਼ਲ ਤੋਂ 150 ਕਰੋੜ ਰੁਪਏ ਦਾ ਮਾਲੀਆ ਮਿਲੇਗਾ। ਇਹ ਲਗਾਤਾਰ ਦੂਜੀ ਵਾਰ ਹੈ ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਹੋਰ ਵੀ ਕਈ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਇਸ ਲਈ ਜ਼ਰੂਰੀ ਹੈ ਕਿ ਵਿੱਤੀ ਸਥਿਤੀ ਨੂੰ ਸੁਧਾਰਿਆ ਜਾਵੇ।
ਇਸ ਦੇ ਨਾਲ ਹੀ ਪੰਜਾਬ ਮੰਤਰੀ ਮੰਡਲ ਨੇ ਤਿੰਨ ਪਹੀਆ ਵਾਹਨਾਂ (ਆਟੋ) ‘ਤੇ ਤਿਮਾਹੀ ਟੈਕਸ ਦੇ ਨਿਯਮ ਨੂੰ ਖਤਮ ਕਰ ਦਿੱਤਾ ਹੈ। ਹੁਣ ਥ੍ਰੀ ਵ੍ਹੀਲਰ ਕਮਰਸ਼ੀਅਲ ਵਾਹਨਾਂ ‘ਤੇ ਸਾਲਾਨਾ ਟੈਕਸ ਦੇਣਾ ਪਵੇਗਾ। ਵਿੱਤ ਮੰਤਰੀ ਦਾ ਕਹਿਣਾ ਹੈ ਕਿ ਇਸ ਨਾਲ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਉਹ ਹਰ 3 ਮਹੀਨੇ ਬਾਅਦ ਟੈਕਸ ਜਮ੍ਹਾ ਕਰਵਾਉਣ ਦੀ ਪਰੇਸ਼ਾਨੀ ਤੋਂ ਮੁਕਤ ਹੋ ਜਾਣਗੇ। ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਜੇਕਰ ਕੋਈ ਵਿਅਕਤੀ ਨਵਾਂ ਵਾਹਨ ਖਰੀਦਣ ‘ਤੇ 4 ਸਾਲ ਦਾ ਇਕੱਠਾ ਟੈਕਸ ਅਦਾ ਕਰਦਾ ਹੈ ਤਾਂ ਉਸ ਨੂੰ 10 ਫੀਸਦੀ ਦੀ ਛੋਟ ਦਿੱਤੀ ਜਾਵੇਗੀ। 8 ਸਾਲ ਦਾ ਟੈਕਸ ਜਮ੍ਹਾ ਕਰਨ ‘ਤੇ 20% ਦੀ ਛੋਟ ਮਿਲੇਗੀ।
ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਭਰ ਵਿਚ 300 ਯੂਨਿਟ ਮੁਫਤ ਬਿਜਲੀ ਸਕੀਮ ਜਾਰੀ ਰਹੇਗੀ। ਇਸ ਦੇ ਨਾਲ ਹੀ 7 ਕਿਲੋ ਵਾਟ ਉਤੇ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਵਿਚ ਵਾਧਾ ਕੀਤਾ ਗਿਆ ਹੈ।
ਚੀਮਾ ਨੇ ਦੱਸਿਆ ਕਿ ਇਹ ਫੈਸਲੇ ਖਜ਼ਾਨਾ ਭਰਨ ਦੀ ਕਵਾਇਦ ਤਹਿਤ ਲਿਆ ਗਿਆ ਹੈ। ਸਰਕਾਰ 1800 ਕਰੋੜ ਰੁਪਏ ਦਾ ਮੁਨਾਫਾ ਹੋਵੇਗਾ।
Posted By Sony Goyal