ਯੂਨੀਵਿਜ਼ਨ ਨਿਊਜ਼ ਇੰਡੀਆ, ਵੈੱਬ ਡੈੱਸਕ
Punjab Lok Sabha Election 2024: ਭਾਰਤੀ ਜਨਤਾ ਪਾਰਟੀ ਪੰਜਾਬ (BJP Punjab) ਦੀਆਂ 13 ਸੀਟਾਂ ‘ਤੇ ਇਕੱਲਿਆਂ ਹੀ ਚੋਣ ਲੜੇਗੀ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਸੋਸ਼ਲ ਮੀਡੀਆ ‘ਤੇ ਦਿੱਤੀ। ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਪਰ ਸੁਨੀਲ ਜਾਖੜ ਨੇ ਇਨ੍ਹਾਂ ‘ਤੇ ਵਿਰਾਮ ਲਗਾ ਦਿੱਤਾ ਹੈ। ਐਕਸ ‘ਤੇ ਜਾਰੀ ਵੀਡੀਓ ‘ਚ ਜਾਖੜ ਨੇ ਕਿਹਾ ਕਿ ਪੰਜਾਬ ‘ਚ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਹ ਫੈਸਲਾ ਲੋਕਾਂ ਦੀ ਰਾਏ, ਪਾਰਟੀ ਵਰਕਰਾਂ ਦੀ ਰਾਏ, ਲੀਡਰ ਸਾਹਿਬਾਨ ਦੀ ਰਾਏ ਜਾਣਨ ਤੋਂ ਬਾਅਦ ਪੰਜਾਬ ਦੇ ਭਵਿੱਖ, ਜਵਾਨੀ, ਪਾਰੀਆਂ, ਨੌਜਵਾਨਾਂ ਤੇ ਪੱਛੜੇ ਵਰਗਾਂ ਦੀ ਬਿਹਤਰੀ ਨੂੰ ਧਿਆਨ ‘ਚ ਰੱਖਦੇ ਹੋਏ ਲਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ-ਭਾਜਪਾ ਗਠਜੋੜ ਸਬੰਧੀ ਕਿਆਸਅਰਾਈਆਂ ਨੂੰ ਵੀ ਵਿਰਾਮ ਲੱਗ ਗਿਆ ਹੈ।
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਜੋ ਕੰਮ ਭਾਜਪਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਰਹਿਨੁਮਾਈ ਹੇਠ ਕੀਤੇ ਹਨ, ਉਹ ਕਿਸੇ ਹੋਰ ਪਾਰਟੀ ਨੇ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐੱਮਐੱਸਪੀ ਦਾ ਇਕ-ਇਕ ਪੈਸਾ ਉਨ੍ਹਾਂ ਦੇ ਖਾਤਿਆਂ ‘ਚ ਇਕ ਹਫ਼ਤੇ ਦੇ ਅੰਦਰ ਪੁੱਜਾ। ਪੰਜਾਬ ਦੇ ਸੁਨਹਿਰੀ ਭਵਿੱਖ, ਪੰਜਾਬ ਦੀ ਸੁਰੱਖਿਆ ਤੇ ਸਰਹੱਦਾਂ ਦੀ ਮਜ਼ਬੂਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਨੇ ਇਹ ਫੈਸਲਾ ਲਿਆ ਹੈ।
ਭਾਰਤੀ ਜਨਤਾ ਪਾਰਟੀ ਲੋਕ ਸਭਾ ਚੋਣਾਂ ਪੰਜਾਬ ਵਿਚ ਇੱਕਲੇ ਲੜਨ ਜਾ ਰਹੀ ਹੈ। pic.twitter.com/FbzfaePNj3
— Sunil Jakhar(Modi Ka Parivar) (@sunilkjakhar) March 26, 2024
ਕਾਂਗਰਸ ਕਰ ਰਹੀ ਸੀ ਗਠਜੋੜ ਦੀ ਉਡੀਕ
ਮੰਨਿਆ ਜਾ ਰਿਹਾ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗਠਜੋੜ ਨੂੰ ਲੈ ਕੇ ਅਕਾਲੀ ਦਲ ਨਾਲ ਗੱਲਬਾਤ ਕਰ ਰਹੇ ਹਨ। ਪਰ ਅਕਾਲੀ ਦਲ ਦੀ ਕੋਰ ਕਮੇਟੀ ਨੇ ਸਿਧਾਂਤਾਂ ਨੂੰ ਸਿਆਸਤ ਤੋਂ ਉੱਪਰ ਰੱਖ ਕੇ ਸਾਰਾ ਹਿਸਾਬ ਵਿਗਾੜ ਦਿੱਤਾ। ਦੂਜੇ ਪਾਸੇ ਕਾਂਗਰਸ ਵੀ ਭਾਜਪਾ-ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੀ ਤਾਕ ‘ਚ ਸੀ। ਕਾਂਗਰਸ ਦੀ ਰਣਨੀਤੀ ਆਪਣੇ ਆਪ ਨੂੰ ਮਜ਼ਬੂਤ ਵਿਰੋਧੀ ਵਜੋਂ ਪੇਸ਼ ਕਰਨ ਦੀ ਸੀ। ਕਾਂਗਰਸ ਦਾ ਮੰਨਣਾ ਹੈ ਕਿ ਜੇਕਰ ਅਕਾਲੀ-ਭਾਜਪਾ ਗਠਜੋੜ ਹੁੰਦਾ ਤਾਂ ਗਠਜੋੜ ਦਾ ਸਾਹਮਣਾ ਕਰਨਾ ਪੈਂਦਾ। ਹੁਣ ਗਠਜੋੜ ਨੂੰ ਲੈ ਕੇ ਤਸਵੀਰ ਸਪੱਸ਼ਟ ਹੋ ਗਈ ਹੈ। ਅਜਿਹੇ ‘ਚ ਹੁਣ ਕਾਂਗਰਸ ਦਾ ਮੁਕਾਬਲਾ ਆਮ ਆਦਮੀ ਪਾਰਟੀ ਨਾਲ ਹੋਵੇਗਾ।